ਚੰਡੀਗੜ੍ਹ: ਪਿਛਲੇ ਇਕ ਸਾਲ ਵਿੱਚ ਪੰਜਾਬ ਦੇ ਲਾਮਿਸਾਲ ਵਿਕਾਸ ਦਾ ਪਹਿਲਾ ਪੜਾਅ ਸਫ਼ਲਤਾਪੂਰਵਕ ਮੁਕੰਮਲ ਕਰਨ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਅਗਲੀ ਸਰਕਾਰ ਬਣਾਉਣ ਲਈ ਨਹੀਂ, ਸਗੋਂ ਅਗਲੀਆਂ ਪੀੜ੍ਹੀਆਂ ਦੀ ਖ਼ੁਸ਼ਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ।
ਆਪਣੀ ਸਰਕਾਰ ਦੇ ਕਾਰਜਕਾਲ ਦਾ ਇਕ ਵਰ੍ਹਾ ਮੁਕੰਮਲ ਹੋਣ ਮਗਰੋਂ ਪੰਜਾਬੀਆਂ ਲਈ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਵਿਆਪਕ ਫਤਵਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੇ ਸਮੁੱਚੇ ਵਿਕਾਸ ਤੇ ਖ਼ੁਸ਼ਹਾਲੀ ਲਈ ਕੀਤੀਆਂ ਸਮਰਪਿਤ ਕੋਸ਼ਿਸ਼ਾਂ ਨਾਲ ਪਿਛਲੇ ਇਕ ਸਾਲ ਦੌਰਾਨ ਸੂਬਾ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਅਗਲੀ ਸਰਕਾਰ ਬਣਾਉਣ ਲਈ ਜੋੜ-ਤੋੜ ਕਰਨ ਵਾਲੀਆਂ ਪਿਛਲੀਆਂ ਸਰਕਾਰ ਦੇ ਉਲਟ ਸਾਡੀ ਸਰਕਾਰ ਅਗਲੀ ਪੀੜ੍ਹੀ ਦੇ ਸਮੁੱਚੇ ਵਿਕਾਸ ਉਤੇ ਧਿਆਨ ਕੇਂਦਰਤ ਕਰ ਰਹੀ ਹੈ।
ਮੁੱਖ ਮੰਤਰੀ ਨੇ ਵੱਡ-ਆਕਾਰੀ ਫਤਵੇ ਨਾਲ ਪੰਜਾਬ ਦੀ ਜ਼ਿੰਮੇਵਾਰੀ ਸੌਂਪਣ ਲਈ ਲੋਕਾਂ ਦਾ ਤਹਿ-ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿਖਾਏ ਭਰੋਸੇ ਤੇ ਪਿਆਰ ਨੇ ਉਨ੍ਹਾਂ ਨੂੰ ਆਪਣਾ ਫ਼ਰਜ਼ ਪ੍ਰਭਾਵਸ਼ਾਲੀ ਤਰੀਕੇ ਨਾਲ ਨਿਭਾਉਣ ਦੇ ਰਾਹ ਤੋਰਿਆ ਹੈ। ਭਗਵੰਤ ਮਾਨ ਨੇ ਨਵੇਂ ਪੰਜਾਬ ਦੇ ਨਕਸ਼ ਘੜਨ ਲਈ ਲੋਕਾਂ ਖ਼ਾਸ ਤੌਰ ਉਤੇ ਪਰਵਾਸੀ ਭਾਰਤੀਆਂ ਤੋਂ ਸਹਿਯੋਗ ਮੰਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਦਫ਼ਾ ਅਜਿਹੀ ਸਰਕਾਰ ਬਣੀ, ਜਿਹੜੀ ਖ਼ਾਸ ਤੌਰ ਉਤੇ ਸੂਬੇ ਦੇ ਲੋਕਾਂ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਨਾ ਤਾਂ ਬਾਦਲ ਦੀ ਹੈ ਅਤੇ ਨਾ ਹੀ ਕੈਪਟਨ ਦੀ, ਇਹ ਸਰਕਾਰ ਹਰੇਕ ਪੰਜਾਬੀ ਦੀ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਆਸਾਂ ਮੁਤਾਬਕ ਸੂਬੇ ਦੀ ਭਲਾਈ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਜਲਦੀ ਹੀ ਪੰਜਾਬ ਨਵਾਂ, ਅਗਾਂਹਵਧੂ ਤੇ ਗਤੀਸ਼ੀਲ ਸੂਬਾ ਬਣੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦੌਰਾਨ ਪੰਜਾਬ ਵਿਆਪਕ ਵਿਕਾਸ ਦਾ ਗਵਾਹ ਬਣਿਆ ਹੈ ਅਤੇ ਦੂਜੇ ਸਾਲ ਵਿੱਚ ਵੀ ਵਿਕਾਸ ਤੇ ਤਰੱਕੀ ਉਤੇ ਵੱਧ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਕਾਸ ਲਈ ਸਨਅਤਾਂ ਨੂੰ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਪੰਜਾਬ ਅਗਲੇ ਦਿਨਾਂ ਵਿੱਚ ਸਨਅਤੀ ਗੜ੍ਹ ਵਜੋਂ ਉੱਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਜੜ੍ਹ ਵੱਢਣ ਲਈ ਆਗਾਮੀ ਦਿਨਾਂ ਵਿੱਚ ਵਿਆਪਕ ਮੁਹਿੰਮ ਵਿੱਢੀ ਜਾਵੇਗੀ।
ਪਿਛਲੇ ਇਕ ਸਾਲ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੀਆਂ ਕਈ ਲੋਕ-ਪੱਖੀ ਪਹਿਲਕਦਮੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਹਿਜਰਤ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿਛਲੇ ਇਕ ਸਾਲ ਵਿੱਚ ਹੁਣ ਤੱਕ 26,797 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਭਰਤੀ ਪ੍ਰਕਿਰਿਆ ਵਿੱਚ ਇਕੋ-ਇਕ ਮਾਪਦੰਡ ਯੋਗਤਾ ਰੱਖਿਆ ਗਿਆ ਹੈ ਅਤੇ ਇਹ ਪੂਰੀ ਪ੍ਰਕਿਰਿਆ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਇਕ ਸਾਲ ਵਿੱਚ ਹੀ ਇੰਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਦੇਣ ਤੋਂ ਸੂਬਾ ਸਰਕਾਰ ਦੀ ਰੋਜ਼ਗਾਰ ਦੇ ਮੌਕੇ ਮੁਹੱਈਆ ਕਰ ਕੇ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਝਲਕਦੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਜੁਲਾਈ ਤੋਂ ਹਰੇਕ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਨਵੰਬਰ-ਦਸੰਬਰ 2022 ਵਿੱਚ ਸੂਬੇ ਦੇ 87 ਫੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ। ਭਗਵੰਤ ਮਾਨ ਨੇ ਕਿਹਾ ਕਿ ਉਹ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਉਹ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਭਲੀ-ਭਾਂਤ ਜਾਣੂੰ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 14 ਹਜ਼ਾਰ ਆਰਜ਼ੀ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ ਅਤੇ ਕੈਬਨਿਟ ਨੇ ਇੰਨੀ ਗਿਣਤੀ ਵਿੱਚ ਹੀ ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਕੱਢਣ ਤੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਮੂੰਗੀ ਨੂੰ ਤੀਜੀ ਫ਼ਸਲ ਵਜੋਂ ਉਤਸ਼ਾਹਤ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਮੂੰਗੀ ਦੀ 7275 ਰੁਪਏ ਦੇ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ਉਤੇ ਖ਼ਰੀਦ ਕੀਤੀ ਗਈ ਹੈ, ਜਿਸ ਨਾਲ ਕਿਸਾਨਾਂ ਨੂੰ 30 ਹਜ਼ਾਰ ਰੁਪਏ ਪ੍ਰਤੀ ਏਕੜ ਦੀ ਵਾਧੂ ਆਮਦਨ ਹੋਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕਰਨ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਵਿੱਤੀ ਸਹਾਇਤਾ ਮੁਹੱਈਆ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਗੰਨਾ ਉਤਪਾਦਕਾਂ ਦੇ ਪਿਛਲੇ ਸਾਲਾਂ ਦੇ ਲਟਕਦੇ ਸਾਰੇ ਬਕਾਏ ਦਾ ਭੁਗਤਾਨ ਕਰ ਦਿੱਤਾ ਹੈ। ਭਗਵੰਤ ਮਾਨ ਨੇ ਇਹ ਵੀ ਆਖਿਆ ਕਿ ਮੇਰੀ ਸਰਕਾਰ ਨੇ ਪਹਿਲੀ ਵਾਰ ਦਿਹਾੜੀਦਾਰ ਕਾਮਿਆਂ ਦੀਆਂ ਉਜਰਤਾਂ ਵਿੱਚ ਵਾਧਾ ਕੀਤਾ ਹੈ।
ਮੁੱਖ ਮੰਤਰੀ ਨੇ ਅੱਗੇ ਆਖਿਆ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਪੰਜਾਬ ਭਰ ਵਿੱਚ 500 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮਿਆਰੀ ਇਲਾਜ ਤੇ ਡਾਈਗਨੌਸਟਿਕ ਸੇਵਾਵਾਂ ਮੁਫ਼ਤ ਮੁਹੱਈਆ ਕਰਵਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਕੁੱਝ ਮਹੀਨਿਆਂ ਵਿੱਚ ਹੀ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ 12 ਤੋਂ 15 ਲੱਖ ਮਰੀਜ਼ਾਂ ਨੂੰ ਲਾਭ ਮਿਲਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ 23 ਜ਼ਿਲ੍ਹਿਆਂ ਵਿੱਚ 117 ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਲਈ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸਮੁੱਚੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਹੋਵੇਗੀ।
ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਾ ਮੌਕਾ ਹੈ, ਜਦੋਂ ਸੂਬਾ ਸਰਕਾਰ ਨੇ ਇਸ ਦਿਸ਼ਾ ਵਿੱਚ ਕਦਮ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਸਾਂ ਵਿੱਚ ਇਨਸਾਫ਼ ਬਹੁਤੀ ਦੂਰ ਨਹੀਂ ਕਿਉਂਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਅਦਾਲਤ ਵਿੱਚ ਪਹਿਲਾਂ ਹੀ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਹੁਣ ਦੂਰ ਨਹੀਂ, ਜਦੋਂ ਇਸ ਘਿਨਾਉਣੇ ਜੁਰਮ ਦੇ ਦੋਸ਼ੀ ਸਲਾਖਾਂ ਪਿੱਛੇ ਹੋਣਗੇ।