ਚੰਡੀਗੜ੍ਹ: ਪੰਜਾਬ ਕਾਂਗਰਸ ਭਗਵੰਤ ਸਿੰਘ ਮਾਨ ਦੀ ਕੈਬਨਿਟ ਵਿੱਚ ਦਾਗੀ ਮੰਤਰੀ ਫੌਜਾ ਸਿੰਘ ਸਰਾਰੀ ਖ਼ਿਲਾਫ਼ ਆਪਣਾ ਅੰਦੋਲਨ ਹੋਰ ਤੇਜ਼ ਕਰੇਗੀ। ਪਾਰਟੀ ਨੇ ਕਿਹਾ ਹੈ ਕਿ ਸਰਾਰੀ ਦੀ ਥਾਂ ਜੇਲ੍ਹ ਵਿੱਚ ਹੈ, ਨਾ ਕਿ ਕੈਬਨਿਟ ਵਿੱਚ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਪਾਰਟੀ ਵੱਲੋਂ 10 ਅਕਤੂਬਰ, ਦਿਨ ਸੋਮਵਾਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਪ੍ਰਦਰਸ਼ਨ ਕਰਕੇ ਸਰਕਾਰ ਤੋਂ ਸਰਾਰੀ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਜਾਵੇਗੀ,, ਜਿਸ ਦਾ ਖੁਲਾਸਾ ਖੁਦ ਇਸਦੇ ਓ.ਐੱਸ.ਡੀ ਨੇ ਕੀਤਾ ਹੈ।
ਸੂਬਾ ਕਾਂਗਰਸ ਪ੍ਰਧਾਨ ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਨੇ ਕਿਹਾ ਕਿ ਸਰਾਰੀ ਦੇ ਸਰਕਾਰ ਵਿੱਚ ਹੋਣਾ ਇਮਾਨਦਾਰ ਸਰਕਾਰ ਬਾਰੇ ਇਨ੍ਹਾਂ ਦੇ ਦਾਅਵਿਆਂ ਤੇ ਚਪੇੜ ਹੈ। ਇਸ ਤੋਂ ਸਪੱਸ਼ਟ ਹੈ ਕਿ ਸੰਗਰੂਰ ਲੋਕ ਸਭਾ ਜਿਮਨੀ ਚੋਣ ਤੋਂ ਪਹਿਲਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੀ ਕਾਰਵਾਈ ਮਹਿਜ਼ ਡਰਾਮਾ ਸੀ। ਜੇਕਰ ਇਹ ਭ੍ਰਿਸ਼ਟਾਚਾਰ ਦੇ ਖਿਲਾਫ ਸੱਚਮੁੱਚ ਇਮਾਨਦਾਰ ਹਨ, ਤਾਂ ਸਰਾਰੀ ਸਰਕਾਰ ਵਿੱਚ ਨਹੀਂ, ਸਗੋਂ ਸਲਾਖਾਂ ਪਿੱਛੇ ਹੋਣੇ ਚਾਹੀਦਾ ਸੀ।