ਚੰਡੀਗੜ੍ਹ: ਪਰਾਲੀ ਸਾੜਨ ਦੀ ਸਮੱਸਿਆ ਦਾ ਵਿਹਾਰਕ ਹੱਲ ਯਕੀਨੀ ਬਣਾਉਣ ਤੋਂ ਹੱਥ ਖਿੱਚਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਪਰਾਲੀ ਦੇ ਖੇਤਾਂ ਵਿੱਚ ਹੀ ਨਿਬੇੜੇ ਲਈ ਆਪਣੇ ਸਰੋਤਾਂ ਤੋਂ ਇਕ ਲੱਖ ਤੋਂ ਵੱਧ ਮਸ਼ੀਨਾਂ ਦੇਣ ‘ਤੇ ਵਿਚਾਰ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ, “ਅਸੀਂ ਇਸ ਖਤਰੇ ਦਾ ਸਾਂਝਾ ਹੱਲ ਪੇਸ਼ ਕੀਤਾ ਸੀ ਪਰ ਕੇਂਦਰ ਸਰਕਾਰ ਨੇ ਸਾਡੀ ਮਦਦ ਕਰਨ ਦੀ ਬਜਾਏ ਇਸ ਤੋਂ ਆਪਣੇ ਹੱਥ ਪਿੱਛੇ ਖਿੱਚ ਲਏ ਹਨ। ਇਸ ਦਾ ਮਤਲਬ ਇਹ ਨਹੀਂ ਹੈ ਕਿ ਇਹ ਸਾਨੂੰ ਸਾਡੇ ਕਿਸਾਨਾਂ ਦੀ ਭਲਾਈ ਅਤੇ ਵਾਤਾਵਰਣ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੋਂ ਰੋਕੇਗਾ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 75 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਗਈ ਹੈ। ਇਸ ਵਿੱਚੋਂ 37 ਲੱਖ ਏਕੜ ਵਾਲੇ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਾਉਂਦੇ। ਭਗਵੰਤ ਮਾਨ ਨੇ ਕਿਹਾ ਕਿ ਬਾਕੀ ਬਚੀ 38 ਲੱਖ ਏਕੜ ਜ਼ਮੀਨ ਵਿੱਚ ਪਰਾਲ਼ੀ ਦੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਵੱਡੇ ਕਦਮ ਚੁੱਕਣ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੰਤਵ ਲਈ ਇਕ ਲੱਖ ਮਸ਼ੀਨਾਂ ਦੇਣ ‘ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਅੱਠ ਤੋਂ 10 ਏਕੜ ਫਸਲਾਂ ਦੀ ਰਹਿੰਦ-ਖੂੰਹਦ ਦਾ ਨਿਬੇੜਾ ਕਰਨ ਦੀ ਸਮਰੱਥਾ ਰੱਖਣ ਵਾਲੀਆਂ ਇਹ ਮਸ਼ੀਨਾਂ ਇਸ ਸਮੱਸਿਆ ਨੂੰ ਹੱਲ ਕਰਨਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਪੰਜਾਬ ਨੂੰ ਸਵੱਛ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੀ ਵਚਨਬੱਧਤਾ ਦੇ ਅਨੁਸਾਰ ਹੈ।
ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ (ਪਵਨ) ਦੀ ਗੁਰੂ ਨਾਲ, ਪਾਣੀ ਦੀ ਪਿਤਾ ਨਾਲ ਅਤੇ ਜ਼ਮੀਨ (ਧਰਤ) ਦੀ ਮਾਤਾ ਨਾਲ ਤੁਲਨਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਸਾਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।