ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਜਿਹੜਾ ਵੀ ਵਿਅਕਤੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਜਾਂ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਤੋਂ ਹਟਾਉਣ ਦੀ ਕੋਸ਼ਿਸ਼ ਕਰੇਗਾ ਮਾਨ ਸਰਕਾਰ ਉਸ ਵਿਰੁੱਧ ਸਖ਼ਤ ਕਾਰਵਾਈ ਜ਼ਰੂਰ ਕਰੇਗੀ।
ਸੋਮਵਾਰ ਨੂੰ ਪਾਰਟੀ ਦਫ਼ਤਰ ਤੋਂ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਅਤੇ ਵਿਦੇਸ਼ ਤੋਂ ਲਗਾਤਾਰ ਲੋਕਾਂ ਦੇ ਫੋਨ ਆ ਰਹੇ ਹਨ ਅਤੇ ਅਸਮਾਜਿਕ ਤੱਤਾਂ ਵਿਰੁੱਧ ਇਸ ਕਾਰਵਾਈ ਲਈ ਉਹ ਮਾਨ ਸਰਕਾਰ ਦੀ ਇਸ ਕਾਰਵਾਈ ਲਈ ਸਰਕਾਰ ਦੀ ਸ਼ਲਾਘਾ ਕਰ ਰਹੇ ਹਨ। ਉਨ੍ਹਾਂ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵਧਾਈ ਵੀ ਦਿੱਤੀ ਕਿ ਉਨ੍ਹਾਂ ਨੇ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਬਣਾਏ ਰੱਖਣ ਲਈ ਇੰਨਾ ਵੱਡਾ ਕਦਮ ਚੁੱਕਿਆ। ਉਨ੍ਹਾਂ ਕਿਹਾ ਕਿ ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਮਾਨ ਸਰਕਾਰ ਕਾਨੂੰਨ ਵਿਵਸਥਾ ਨੂੰ ਲੈ ਕੇ ਕਿੰਨੀ ਗੰਭੀਰ ਹੈ ਅਤੇ ਕੋਈ ਵੀ ਸਮਾਜ ਵਿਰੋਧੀ ਤੱਤਾਂ ਨੂੰ ਪੰਜਾਬ ਵਿੱਚ ਵਧਣ ਨਹੀਂ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੇ ਦਿਨਾਂ ਵਿੱਚ ਪੰਜਾਬ ਵਿੱਚ ਬਹੁਤ ਕੁਝ ਵਾਪਰਿਆ ਹੈ ਪਰ ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਭ ਤੋਂ ਵੱਧ ਸੁਰੱਖਿਅਤ ਹੈ ਕਿਉਂਕਿ ਉਹ ਇੱਕ ਕੱਟੜ ਇਮਾਨਦਾਰ ਆਗੂ ਹਨ ਅਤੇ ਪੰਜਾਬ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਸਖ਼ਤ ਤੋਂ ਸਖ਼ਤ ਕਦਮ ਚੁੱਕਣ ਦੀ ਸਮਰੱਥਾ ਰੱਖਦੇ ਹਨ।
ਉਨ੍ਹਾਂ ਪੰਜਾਬ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਮਾਨ ਸਰਕਾਰ ‘ਤੇ ਆਪਣਾ ਭਰੋਸਾ ਰੱਖਿਆ। ਪੰਜਾਬ ਦੇ ਲੋਕਾਂ ਨੇ ਹਮੇਸ਼ਾ ਹੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਦਾ ਜਜ਼ਬਾ ਦਿਖਾਇਆ ਹੈ। ਉਨ੍ਹਾਂ ਦੁਹਰਾਇਆ ਕਿ ਸਾਡੀ ਸਰਕਾਰ ਪੰਜਾਬ ਵਿਰੁੱਧ ਸੋਚਣ ਵਾਲਿਆਂ ਜਾਂ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਵਾਲਿਆਂ ਨੂੰ ਨਹੀਂ ਬਖਸ਼ੇਗੀ, ਇਸ ਲਈ ਅਸੀਂ ਪੂਰੀ ਤਰ੍ਹਾਂ ਵਚਨਬੱਧ ਹਾਂ ਅਤੇ ਸਖ਼ਤ ਫੈਸਲੇ ਲੈਣ ਲਈ ਤਿਆਰ ਹਾਂ।
ਉਨ੍ਹਾਂ ਅੱਗੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਵੀ ਕੀਤਾ ਜਿਨ੍ਹਾਂ ਨੇ ਇਸ ਮਾਮਲੇ ਦੀ ਨੇੜਿਓਂ ਨਿਗਰਾਨੀ ਕੀਤੀ ਅਤੇ ਸਾਰੀ ਕਾਰਵਾਈ ਦੀ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਖੁਸ਼ੀਆਂ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਮੈਂ ਦੱਸਣਾ ਚਾਹੁੰਦਾ ਹਾਂ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਗਰਾਨੀ ਹੇਠ ਇਹ ਸੁਪਨੇ ਕਦੇ ਪੂਰੇ ਨਹੀਂ ਹੋਣਗੇ।
ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੇਸ਼ ਭਗਤ ਪਾਰਟੀ ਹੈ। ਅਸੀਂ ਧਰਮ ਨਿਰਪੱਖਤਾ ਦਾ ਝੰਡਾ ਬੁਲੰਦ ਕਰਨ ਵਾਲੇ ਲੋਕ ਹਾਂ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਹ ਸਮੁੱਚੀ ਯੋਜਨਾ ਪਲ-ਪਲ ਦੀ ਜਾਣਕਾਰੀ ਲੈ ਕੇ ਤਿਆਰ ਕੀਤੀ ਗਈ। ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਹੋਈ ਕਾਰਵਾਈ ਤੋਂ ਪੰਜਾਬ ਦੇ ਲੋਕ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਤਿੰਨ ਕਰੋੜ ਪੰਜਾਬੀਆਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਗੋਲੀਆਂ ਤੇ ਬੰਦੂਕਾਂ ਦੀ ਲੋੜ ਨਹੀਂ ਹੈ। ਉਨ੍ਹਾਂ ਨੂੰ ਨੌਕਰੀ ਅਤੇ ਲੈਪਟਾਪ ਦੀ ਲੋੜ ਹੈ। ਮੁੱਖ ਮੰਤਰੀ ਭਗਵੰਤ ਮਾਨ ਇਸ ਲਈ ਲਗਾਤਾਰ ਯਤਨ ਕਰ ਰਹੇ ਹਨ। ਇਸ ਵੇਲੇ ਪੰਜਾਬ ਇੱਕ ਇਮਾਨਦਾਰ ਮੁੱਖ ਮੰਤਰੀ ਦੇ ਹੱਥਾਂ ਵਿੱਚ ਹੈ ਅਤੇ ਵਿਕਾਸ ਦੀ ਰਾਹ ‘ਤੇ ਹੈ। ਭਗਵੰਤ ਮਾਨ ਪੰਜਾਬ ਨੂੰ ਵਿਕਾਸ ਦੇ ਰਾਹ ਤੋਂ ਕਦੇ ਵੀ ਭਟਕਣ ਨਹੀਂ ਦੇਣਗੇ।