ਚੰਡੀਗੜ੍ਹ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਡਿਵੈਲਪਰਾਂ ਅਤੇ ਖਪਤਕਾਰਾਂ ਦੀਆਂ ਵੱਖ-ਵੱਖ ਸ਼ਿਕਾਇਤਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਵੱਖ-ਵੱਖ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਦੀ ਮੰਗ ਕੀਤੀ।
ਬਿਜਲੀ ਮੰਤਰੀ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਕਲੋਨਾਈਜ਼ਰਾਂ ਅਤੇ ਖਪਤਕਾਰਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਰੱਖੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਸੀ.ਆਰ.ਈ.ਡੀ.ਏ.ਆਈ., ਪੀ.ਸੀ.ਪੀ.ਡੀ.ਏ. ਦੇ ਨੁਮਾਇੰਦਿਆਂ ਅਤੇ ਪੰਜਾਬ ਭਰ ਦੇ ਹੋਰ ਡਿਵੈਲਪਰਾਂ/ਖਪਤਕਾਰਾਂ ਦੀ ਹਾਜ਼ਰੀ ਵਿੱਚ ਹੋਈ ਮੀਟਿੰਗ ਦੌਰਾਨ ਬਿਜਲੀ ਮੰਤਰੀ ਵੱਲੋਂ ਇੱਕ ਕਮੇਟੀ ਬਣਾਈ ਗਈ ਜਿਸ ਵਿੱਚ ਮੁੱਦਿਆਂ ਦੇ ਹੱਲ ਲਈ ਪੀ.ਐਸ.ਪੀ.ਸੀ.ਐਲ., ਗਮਾਡਾ, ਪੁੱਡਾ, ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ, ਸਥਾਨਕ ਸਰਕਾਰਾਂ ਵਿਭਾਗ ਅਤੇ ਸੀ.ਆਰ.ਈ.ਡੀ.ਏ., ਪੀ.ਡੀ.ਪੀ.ਸੀ.ਐੱਲ. ਅਤੇ ਪੰਜਾਬ ਭਰ ਦੀਆਂ ਹੋਰ ਡਿਵੈਲਪਰ/ਖਪਤਕਾਰ ਐਸੋਸੀਏਸ਼ਨਾਂ ਦੇ ਨੁਮਾਇੰਦੇ ਸ਼ਾਮਲ ਕੀਤੇ ਗਏ ਹਨ।