Skip to main content

ਚੰਡੀਗੜ੍ਹ: ਰਾਜਪੁਰਾ ਸ਼ਹਿਰ ਦੀ ਨੁਹਾਰ ਬਦਲਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਖੇਡ ਸਟੇਡੀਅਮ, ਆਮ ਆਦਮੀ ਕਲੀਨਿਕ, ਯੋਗਾ ਸਹੂਲਤ ਸਮੇਤ ਕਈ ਵਿਕਾਸ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ, ਜੋ ਆਗਾਮੀ ਦਿਨਾਂ ਵਿੱਚ ਮੁਕੰਮਲ ਕੀਤੇ ਜਾਣਗੇ।

ਇੱਥੇ ਆਪਣੇ ਦਫ਼ਤਰ ਵਿਖੇ ਪੈਪਸੂ ਟਾਊਨਸ਼ਿਪ ਡਿਵੈਲਪਮੈਂਟ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸਕ ਕਸਬੇ ਰਾਜਪੁਰਾ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਇਸ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਕਿਹਾ ਕਿ ਬੋਰਡ ਦੇ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਵਿੱਚ 19.32 ਕਰੋੜ ਰੁਪਏ ਦੀ ਆਮਦਨ ਅਤੇ 7.19 ਕਰੋੜ ਰੁਪਏ ਦੇ ਖਰਚੇ ਦਾ ਅਨੁਮਾਨ ਲਗਾਇਆ ਗਿਆ ਹੈ। ਭਗਵੰਤ ਮਾਨ ਨੇ ਦੱਸਿਆ ਕਿ ਰਾਜਪੁਰਾ ਸ਼ਹਿਰ ਦੇ ਸੁੰਦਰੀਕਰਨ ਲਈ ਬੋਰਡ ਨੇ ਰਾਜਪੁਰਾ ਟਾਊਨ ਵਿਖੇ ਸਟੇਡੀਅਮ (ਲਗਭਗ 7 ਏਕੜ ਰਕਬੇ ਵਾਲਾ) ਅਤੇ ਰਾਜਪੁਰਾ ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਦੇ ਨੇੜੇ ਇਕ ਪਾਰਕ (ਲਗਭਗ 7 ਕਨਾਲ ਖੇਤਰ ਵਾਲਾ) ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬੋਰਡ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੈਪਸੂ ਟਾਊਨਸ਼ਿਪ ਵਿਕਾਸ ਬੋਰਡ ਦੀ ਕਾਰਜਕਾਰੀ ਕਮੇਟੀ ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਮੇਟੀ ਦੀ ਅਗਵਾਈ ਸੀਨੀਅਰ ਅਧਿਕਾਰੀ ਵਿੱਤ ਕਮਿਸ਼ਨਰ ਮਾਲ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਗਣੇਸ਼ ਨਗਰ ਇਲਾਕੇ ਵਿੱਚ ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਨਿਰਮਾਣ ਕਰਨ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਝੁੱਗੀ-ਝੌਂਪੜੀਆਂ ਵਾਲੇ ਖੇਤਰਾਂ ਦੀ ਭਲਾਈ ਲਈ ਪੁਰਾਣੀ ਮਿਰਚ ਮੰਡੀ ਵਿੱਚ 585 ਵਰਗ ਗਜ਼ ਖੇਤਰ ਵਿੱਚ ਧਰਮਸ਼ਾਲਾ ਦੇ ਨਿਰਮਾਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਜਪੁਰਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਸਮੇਂ-ਸਮੇਂ ‘ਤੇ ਇਨ੍ਹਾਂ ਕੰਮਾਂ ਦੀ ਗੁਣਵੱਤਾ ਦੀ ਜਾਂਚ ਯਕੀਨੀ ਬਣਾਈ ਜਾਵੇਗੀ।

ਇਸ ਮੌਕੇ ਵਿਧਾਇਕ ਤੇ ਬੋਰਡ ਦੀ ਵਾਈਸ ਚੇਅਰਪਰਸਨ ਨੀਨਾ ਮਿੱਤਲ ਤੇ ਹੋਰ ਵੀ ਹਾਜ਼ਰ ਸਨ।

Leave a Reply