ਫਗਵਾੜਾ: ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਆਮ ਆਦਮੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਨੂੰ ਮੁੱਖ ਤਰਜੀਹ ਦਿੱਤੀ ਹੈ।
ਇੱਥੇ ਸਥਾਨਕ ਸਬ-ਡਿਵੀਜ਼ਨਲ ਹਸਪਤਾਲ ਵਿੱਚ ਜੱਚਾ-ਬੱਚਾ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਨਵਾਂ ਬਣਿਆ ਹਸਪਤਾਲ ਗਰਭਵਤੀ ਔਰਤਾਂ ਤੇ ਨਵਜੰਮੇ ਬੱਚਿਆਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰੇਗਾ।ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਇਨ੍ਹਾਂ ਹਸਪਤਾਲਾਂ ਰਾਹੀਂ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਭਰ ਵਿੱਚ ਅਜਿਹੇ ਹੋਰ ਹਸਪਤਾਲ ਬਣਾਏ ਜਾਣਗੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਸ਼ਿੱਦਤ ਨਾਲ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਖ਼ਾਲੀ ਪਈਆਂ ਆਸਾਮੀਆਂ ਭਰਨ ਲਈ ਵੱਡੇ ਪੱਧਰ ਉਤੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਇਕੋ-ਇਕ ਮਕਸਦ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣਾ ਹੈ।
ਮੁੱਖ ਮੰਤਰੀ ਨੇ ਮੈਡੀਕਲ ਤੇ ਪੈਰਾ-ਮੈਡੀਕਲ ਸਟਾਫ ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ ਤੇ ਸੰਜੀਦਗੀ ਨਾਲ ਨਿਭਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਲੋਕਾਂ ਲਈ ਸਰਕਾਰੀ ਹਸਪਤਾਲਾਂ ਵਿਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਤਾਂ ਕਿ ਲੋਕਾਂ ਨੂੰ ਇਲਾਜ ਤੇ ਜਾਂਚ ਦੀਆਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।
ਮੁੱਖ ਮੰਤਰੀ ਨੇ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਅਪਰੇਸ਼ਨ ਥੀਏਟਰ, ਟੀਕਾਕਰਨ ਵਾਰਡ, ਓ.ਪੀ.ਡੀ. ਆਦਿ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਤਾਂ ਕਿ ਹਸਪਤਾਲ ਵਿਚ ਸਰਕਾਰੀ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਭਗਵੰਤ ਮਾਨ ਨੇ ਡਾਕਟਰਾਂ ਤੇ ਪੈਰਾ-ਮੈਡੀਕਲ ਸਟਾਫ ਨਾਲ ਵੀ ਵਿਸਥਾਰ ਵਿਚ ਗੱਲਬਾਤ ਕਰਕੇ ਹਸਪਤਾਲ ਦੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।