ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਸਮਰੱਥ ਅਦਾਲਤ ਵਿੱਚ ਮੁਕੱਦਮਾ ਚਲਾਉਣ ਲਈ ਸੂਬਾ ਸਰਕਾਰ ਦੇ ਪ੍ਰਸ਼ਾਸਨਿਕ ਵਿਭਾਗ ਤੋਂ ਪ੍ਰਵਾਨਗੀ ਹਾਸਲ ਕਰ ਲਈ ਹੈ। ਸਾਬਕਾ ਮੰਤਰੀ ਨੂੰ ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਵਿਭਾਗ ਵਿੱਚ ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਦੇਣ, ਅਧਿਕਾਰੀਆਂ ਦੇ ਤਬਾਦਲੇ, ਖਰੀਦਦਾਰੀ ਅਤੇ ਐਨਓਸੀ ਜਾਰੀ ਕਰਨ ਨਾਲ ਸਬੰਧਤ ਸੰਗਠਿਤ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਸੀ।
ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਐਫਆਈਆਰ ਨੰਬਰ 7 ਮਿਤੀ 06-06-2022 ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ 13 (ਏ)(1) (2) ਅਤੇ ਆਈਪੀਸੀ ਦੀ 120-ਬੀ ਤਹਿਤ ਵਿਜੀਲੈਂਸ ਥਾਣਾ ਉਡਣ ਦਸਤਾ, ਐਸ.ਏ.ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਵਿੱਚ ਸਾਬਕਾ ਜੰਗਲਾਤ ਮੰਤਰੀਆਂ, ਠੇਕੇਦਾਰਾਂ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਸ਼ਾਮਲ ਹਨ।