ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ) ਡਾ: ਸਤਨਾਮ ਸਿੰਘ (ਹੁਣ ਸੇਵਾਮੁਕਤ) ਵਿਰੁੱਧ 1,15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸ.ਐਮ.ਓ, ਵਾਸੀ ਫਰੈਂਡਜ਼ ਐਵੀਨਿਊ, ਅੰਮ੍ਰਿਤਸਰ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਲਕੀਅਤ ਸਿੰਘ ਵਾਸੀ ਪਿੰਡ ਅਠਵਾਲ, ਜ਼ਿਲ੍ਹਾ ਅੰਮ੍ਰਿਤਸਰ ਨੇ ਦੱਸਿਆ ਕਿ ਉਕਤ ਐਸ.ਐਮ.ਓ ਨੇ ਇੱਕ ਪੁਲਿਸ ਕੇਸ ਸਬੰਧੀ ਡਾਕਟਰੀ ਰਿਪੋਰਟ ਦੇਣ ਬਦਲੇ 1,15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਪ੍ਰਾਪਤ ਵੀ ਕੀਤੀ ।
ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਦੀ ਰਕਮ ਮੰਗਣ ਅਤੇ ਸਵੀਕਾਰ ਕਰਨ ਦੇ ਦੋਸ਼ੀ ਪਾਏ ਜਾਣ ਤੋਂ ਬਾਅਦ ਹੀ ਉਕਤ ਸਾਬਕਾ ਐਸ.ਐਮ.ਓ ਦੇ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।