Skip to main content

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ (ਮੋਹਾਲੀ) ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿਖੇ ਨਾਜਾਇਜ਼ ਤਰੀਕੇ ਨਾਲ ਅਮਰੂਦ ਦੇ ਬੂਟਿਆਂ ਦੀ ਮੁਆਵਜ਼ਾ ਰਾਸ਼ੀ ਵਿੱਚ ਘਪਲੇ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਦੀ ਪਛਾਣ ਐਡਵੋਕੇਟ ਰੋਹਿਤ ਸ਼ਰਮਾ ਵਜੋਂ ਹੋਈ ਹੈ, ਜੋ ਕਿ ਫਰਵਰੀ 2020 ਵਿੱਚ ਸੇਵਾਮੁਕਤ ਹੋਏ ਪੀ.ਸੀ.ਐਸ. ਅਧਿਕਾਰੀ ਸ਼ਿਵ ਕੁਮਾਰ ਦਾ ਪੁੱਤਰ ਹੈ ਜੋ ਸਾਲ 2015-16 ਦੌਰਾਨ ਐਲ.ਏ.ਸੀ., ਗਮਾਡਾ ਵਜੋਂ ਤਾਇਨਾਤ ਰਹੇ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਰੋਹਿਤ ਦੀ ਪਤਨੀ ਭਾਰਤੀ ਨੇ ਪਿੰਡ ਬਾਕਰਪੁਰ ਵਿਖੇ 4 ਕਨਾਲ ਜ਼ਮੀਨ ‘ਤੇ ਅਮਰੂਦ ਦੀ ਖੇਤੀ ਦੇ ਬਦਲੇ ਵਿੱਚ ਕਰੀਬ 80 ਲੱਖ ਰੁਪਏ ਦਾ ਮੁਆਵਜ਼ਾ ਲਿਆ ਹੈ ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਨੇ ਇਹ ਜ਼ਮੀਨ ਸਾਲ 2017 ਵਿੱਚ ਖਰੀਦੀ ਸੀ।

ਵਿਜੀਲੈਂਸ ਬਿਊਰੋ ਨੇ ਉਸ ਨੂੰ ਡਿਊਟੀ ਮੈਜਿਸਟ੍ਰੇਟ, ਮੋਹਾਲੀ ਦੇ ਸਾਹਮਣੇ ਪੇਸ਼ ਕੀਤਾ ਅਤੇ ਅਦਾਲਤ ਨੇ ਉਸ ਨੂੰ ਚਾਰ ਦਿਨ ਦੇ ਪੁਲਿਸ ਹਿਰਾਸਤ ‘ਚ ਭੇਜ ਦਿੱਤਾ ਹੈ।

ਦੱਸਣਯੋਗ ਹੈ ਕਿ ਇਸ ਬਹੁ-ਕਰੋੜੀ ਘਪਲੇ ਵਿੱਚ ਵਿਜੀਲੈਂਸ ਨੇ ਹੁਣ ਤੱਕ ਕੁੱਲ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

Leave a Reply

Close Menu