ਚੰਡੀਗੜ੍ਹ: ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਪ੍ਰਤੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਪ੍ਰਧਾਨ ਮੰਤਰੀ ਮੈਗਾ ਇੰਟੈਗ੍ਰੇਟਿਡ ਟੈਕਸਟਾਈਲ ਰੀਜਨ ਤੇ ਐਪੇਰਲ ਪਾਰਕਜ਼ (ਪੀ.ਐਮ. ਮਿੱਤਰਾ) ਸਕੀਮ’ ਅਧੀਨ ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ 1000 ਏਕੜ ਜ਼ਮੀਨ ਭਾਰਤ ਸਰਕਾਰ ਨੂੰ ਦੇਣ ਦੀ ਪੇਸ਼ਕਸ਼ ਕੀਤੀ ਹੈ।
ਕੇਂਦਰੀ ਕੱਪੜਾ ਮੰਤਰੀ ਪਿਊਸ਼ ਗੋਇਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ’ਤੇ ਇਸ ਵੱਕਾਰੀ ਪ੍ਰਾਜੈਕਟ ਨੂੰ ਸਥਾਪਤ ਕਰਨ ਦੀ ਇੱਛਾ ਪ੍ਰਗਟਾਈ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਪੰਜਾਬ, ਦੇਸ਼ ਦੀ ‘ਟੈਕਸਟਾਇਲ ਹੱਬ’ ਵਜੋਂ ਉਭਰੇਗਾ। ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਨਕਸ਼ੇ ਉਤੇ ਉਭਾਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਜਿੱਥੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਵਿੱਚ ਸਹਾਈ ਹੋਵੇਗੀ, ਉਥੇ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਇਸ ਪ੍ਰਾਜੈਕਟ ਦੀਆਂ ਚਾਹਵਾਨ ਸੂਬਾ ਸਰਕਾਰਾਂ ਦੀ ਭਾਈਵਾਲੀ ਨਾਲ ਦੇਸ਼ ਭਰ ਵਿੱਚ ਸੱਤ ‘ਪ੍ਰਧਾਨ ਮੰਤਰੀ ਮੈਗਾ ਇੰਟੈਗਰੇਟਿਡ ਟੈਕਸਟਾਈਲ ਖੇਤਰ ਅਤੇ ਐਪੇਰਲ ਪਾਰਕ’ (ਪੀ.ਐਮ. ਮਿੱਤਰਾ) ਸਥਾਪਤ ਕਰਨ ਦੀ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਹੈ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਸ ਸਕੀਮ ਤਹਿਤ ਸੂਬਾ ਸਰਕਾਰ ਫਤਹਿਗੜ੍ਹ ਸਾਹਿਬ ਵਿਖੇ ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਤਿਆਰ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਮੈਗਾ ਪਾਰਕ ਦੀ ਸਥਾਪਨਾ ਕਰਦੇ ਸਮੇਂ ਕੇਂਦਰ ਅਤੇ ਸੂਬੇ ਦੇ ਪ੍ਰਦੂਸ਼ਣ ਕੰਟਰੋਲ ਬੋਰਡਾਂ ਦੁਆਰਾ ਨਿਰਧਾਰਤ ਸਾਰੀਆਂ ਵਾਤਾਵਰਣ ਪ੍ਰਵਾਨਗੀਆਂ ਅਤੇ ਮਾਪਦੰਡਾਂ ਦਾ ਪਾਲਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਬੁਨਿਆਦੀ ਲੋੜਾਂ ਵਿੱਚੋਂ ਇੱਕ ਇਹ ਹੈ ਕਿ ਇਸ ਪ੍ਰਾਜੈਕਟ ਲਈ ਇਛੁੱਕ ਸੂਬਾ ਸਰਕਾਰ ਕੋਲ 1000 ਏਕੜ ਜ਼ਮੀਨ ਦਾ ਰਕਬਾ ਇਕ ਥਾਂ ਮੌਜੂਦਾ ਹੋਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਪ੍ਰਾਜੈਕਟ ਲਈ ਫਤਿਹਗੜ੍ਹ ਸਾਹਿਬ ਵਿੱਚ ਪਹਿਲਾਂ ਹੀ ਜ਼ਮੀਨ ਦੇ ਲੋੜੀਂਦੇ ਰਕਬੇ ਦੀ ਇਕ ਥਾਂ ਸ਼ਨਾਖਤ ਕਰ ਲਈ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਸਥਾਪਤ ਕਰਨ ਲਈ ਸਾਰੀਆਂ ਲੋੜੀਂਦੀਆਂ ਜ਼ਰੂਰਤਾਂ ਨੂੰ ਛੇਤੀ ਪੂਰਾ ਕੀਤਾ ਜਾਵੇਗਾ।