Skip to main content

ਚੰਡੀਗੜ੍ਹ: ਪੰਜਾਬ ਵਿੱਚ ਭਾਰੀ ਮੀਂਹ ਉਪਰੰਤ ਵੈਕਟਰ ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਐਸ.ਟੀ.ਐਫ ਦੀ ਮੀਟਿੰਗ ਹੋਈ। ਸਿਹਤ ਮੰਤਰੀ ਨੇ ਡੇਂਗੂ ਦੇ ਵੱਧ ਰਹੇ ਖਤਰੇ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਲੋਕਾਂ ਦੀ ਸਿਹਤ ਨੂੰ ਸੁਰੱਖਿਅਤ ਰੱਖਣ ਲਈ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਨੂੰ ਕੰਟਰੋਲ ਕਰਨ ਲਈ ਸਾਂਝੇ ਤੌਰ ‘ਤੇ ਉਪਰਾਲੇ ਕੀਤੇ ਜਾਣ। ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਅਤੇ ਪੰਜਾਬ ਰਾਜ ਪੇਂਡੂ ਵਿਕਾਸ ਦੇ ਅਧਿਕਾਰੀਆਂ ਨੂੰ ਡੇਂਗੂ ਅਤੇ ਮਲੇਰੀਆ ਨੂੰ ਕੰਟਰੋਲ ਕਰਨ ਲਈ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਸਥਾਨਕ ਸਰਕਾਰਾਂ ਵਿਭਾਗ ਅਤੇ ਪੰਜਾਬ ਰਾਜ ਪੇਂਡੂ ਵਿਕਾਸ ਦੇ ਅਧਿਕਾਰੀਆਂ ਨੂੰ ਡੇਂਗੂ ਅਤੇ ਮਲੇਰੀਆ ਨੂੰ ਕੰਟਰੋਲ ਕਰਨ ਲਈ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਵੀ ਦਿੱਤੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਡੇਂਗੂ ਪੰਜਾਬ ਵਿੱਚ ਇੱਕ ਨੋਟੀਫਾਈਡ ਬਿਮਾਰੀ ਹੈ ਅਤੇ ਵਿਭਾਗ ਵੱਲੋਂ ਸੂਬੇ ਭਰ ਦੇ ਪ੍ਰਾਈਵੇਟ ਹਸਪਤਾਲਾਂ ਅਤੇ ਲੈਬਾਰਟਰੀਆਂ ਵਿੱਚ ਡੇਂਗੂ ਦੇ ਟੈਸਟ ਦੀ ਕੀਮਤ 600 ਰੁਪਏ ਰੱਖੀ ਗਈ ਹੈ ਤਾਂ ਜੋ ਲੋਕ ਇਸ ਸੇਵਾ ਦਾ ਵਾਜਬ ਕੀਮਤਾਂ ’ਤੇ ਲਾਭ ਉਠਾ ਸਕਣ। ਉਹਨਾਂ ਦੱਸਿਆ ਕਿ 29/9/2022 ਤੱਕ 2113 ਪੁਸ਼ਟੀ ਕੀਤੇ ਕੇਸ ਸਾਹਮਣੇ ਆਏ ਹਨ ਅਤੇ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਡੇਂਗੂ ਦੇ ਸਭ ਤੋਂ ਜ਼ਿਆਦਾ ਕੇਸ ਰਿਪੋਰਟ ਕੀਤੇ ਗਏ ਹਨ ਉਨ੍ਹਾਂ ਵਿੱਚ ਰੂਪਨਗਰ (390), ਐਸਏਐਸ ਨਗਰ (436), ਫਤਿਹਗੜ੍ਹ ਸਾਹਿਬ (206), ਫਿਰੋਜ਼ਪੁਰ (150) ਅਤੇ ਐਸਬੀਐਸ ਨਗਰ (153) ਸ਼ਾਮਲ ਹਨ।

ਡੇਂਗੂ ਨਾਲ ਨਜਿੱਠਣ ਲਈ ਸਿਹਤ ਵਿਭਾਗ ਦੀਆਂ ਤਿਆਰੀਆਂ ਬਾਰੇ ਜੌੜਾਮਾਜਰਾ ਨੇ ਦੱਸਿਆ ਕਿ ਡੇਂਗੂ ਦੇ ਕੇਸਾਂ ਦੇ ਪ੍ਰਬੰਧਨ ਲਈ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਵਾਰਡਾਂ ਲਈ 1274 ਬੈੱਡਾਂ ਦੀ ਵਿਵਸਥਾ ਕੀਤੀ ਗਈ ਹੈ। ਸੂਬੇ ਵਿੱਚ ਡੇਂਗੂ ਦੀ ਮੁਫ਼ਤ ਜਾਂਚ ਲਈ 42 ਸੈਂਟੀਨਲ ਸਰਵੇਲੈਂਸ ਹਸਪਤਾਲ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਏਡੀਜ਼ ਮੱਛਰ ਦੇ ਲਾਰਵੇ ਦੀ ਜਾਂਚ ਲਈ ਸਾਰੇ 23 ਜ਼ਿਲ੍ਹਿਆਂ ਵਿੱਚ 855 ਬ੍ਰੀਡਿੰਗ ਚੈਕਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ।

ਸਿਹਤ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਮੇਂ-ਸਮੇਂ ‘ਤੇ ਫੌਗਿੰਗ ਕਰਵਾਈ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਦੇ 4 ਜ਼ਿਲ੍ਹਿਆਂ ਵਿੱਚ ਡੇਂਗੂ ਦੇ ਸਭ ਤੋਂ ਵੱਧ ਕੇਸ ਸਾਹਮਣੇ ਆਏ ਹਨ ਅਤੇ ਬਾਕੀ ਖੇਤਰਾਂ ਵਿੱਚ ਸਥਿਤੀ ਕਾਬੂ ਹੇਠ ਹੈ। ਇਸੇ ਤਰ੍ਹਾਂ ਮਲੇਰੀਆ ਅਤੇ ਚਿਕਨਗੁਨੀਆ ਦੇ ਬਹੁਤ ਘੱਟ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ। ਉਨ੍ਹਾਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਕਿਸੇ ਵੀ ਲੱਛਣ ਦੀ ਸੂਰਤ ਵਿੱਚ ਤੁਰੰਤ ਸਰਕਾਰੀ ਹਸਪਤਾਲਾਂ ਵਿੱਚ ਜਾ ਕੇ ਟੈਸਟ ਕਰਵਾਉਣ ਲਈ ਵੀ ਕਿਹਾ। ਇਹ ਟੈਸਟ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲਬਧ ਹਨ।

Leave a Reply