Skip to main content

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਦਯੋਗ ਪੱਖੀ ਮਾਹੌਲ ਅਤੇ ਕਾਰੋਬਾਰ ਨੂੰ ਸੁਖਾਲਾ ਕਰਨ ਦੀਆਂ ਨੀਤੀਆਂ ਸਦਕਾ ਪਿਛਲੇ 9 ਮਹੀਨਿਆਂ ਵਿਚ ਸੂਬੇ ਵਿਚ 30,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ ਹਜ਼ਾਰਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

ਅੱਜ ਇੱਥੇ ਮਿਊਂਸਪਲ ਭਵਨ ਵਿਖੇ ਮਾਰਕਫੈੱਡ ਵਿਚ ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਅਤੇ ਨਵੇਂ ਉਤਪਾਦਾਂ ਦੀ ਸ਼ੁਰੂਆਤ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਟਾਟਾ ਸਟੀਲ, ਵਰਬੀਓ, ਫਰੇਡਨਬਰਗ, ਸਨਾਥਨ ਟੈਕਸਟਾਈਲ ਵਰਗੇ ਵੱਡੇ ਉਦਯੋਗ ਘਰਾਣਿਆਂ ਨੇ ਸਾਡੀਆਂ ਉਦਯੋਗਿਕ ਨੀਤੀਆਂ ਵਿਚ ਵਿਸ਼ਵਾਸ ਪ੍ਰਗਟਾਉਂਦੇ ਹੋਏ ਨਿਵੇਸ਼ ਕਰਨ ਲਈ ਇਕਰਾਰਨਾਮੇ ਕੀਤੇ ਜਿਸ ਨਾਲ ਸਾਡੇ ਨੌਜਵਾਨਾਂ ਨੂੰ ਨੌਕਰੀਆਂ ਹਾਸਲ ਹੋਣਗੀਆਂ। ਹਾਲ ਹੀ ਵਿਚ ਹੈਦਰਾਬਾਦ ਵਿਚ ਉਦਯੋਗਪਤੀਆਂ ਨਾਲ ਹੋਈਆਂ ਮੀਟਿੰਗਾਂ ਦਾ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਫੂਡ ਪ੍ਰੋਸੈਸਿੰਗ ਤੇ ਖੇਤੀਬਾੜੀ ਨਾਲ ਜੁੜੇ ਉਥੇ ਦੇ ਉੱਦਮੀਆਂ ਨੇ ਪੰਜਾਬ ਵਿਚ ਨਿਵੇਸ਼ ਲਈ ਦਿਲਚਸਪੀ ਦਿਖਾਈ ਹੈ ਜਿਸ ਨਾਲ ਸੂਬੇ ਦੇ ਉਦਯੋਗਿਕ ਖੇਤਰ ਨੂੰ ਹੋਰ ਮਜ਼ਬੂਤੀ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ, “ਨੀਅਤਾਂ ਨੂੰ ਮੁਰਾਦਾਂ ਹੁੰਦੀਆਂ ਹਨ। ਹੁਣ ਉਦਯੋਗਪਤੀਆਂ ਨੂੰ ਸੂਬੇ ਵਿਚ ਨਿਵੇਸ਼ ਕਰਨ ਲਈ ਭ੍ਰਿਸ਼ਟਾਚਾਰੀ ਅਤੇ ਗੁੰਝਲਦਾਰ ਪ੍ਰਕਿਰਿਆ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਜਿਸ ਕਰਕੇ ਉਦਯੋਗਪਤੀ ਪੰਜਾਬ ਆ ਰਹੇ ਹਨ। ਅਸੀਂ ਰਿਸ਼ਵੋਤਖੋਰੀ ਬੰਦ ਕੀਤੀ, ਉਦਯੋਗ ਲਈ ਨਿਰਵਿਘਨ ਬਿਜਲੀ ਦੀ ਸਪਲਾਈ ਅਤੇ ਸੁਖਾਵਾਂ ਮਾਹੌਲ ਦਿੱਤਾ ਜਿਸ ਕਰਕੇ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪੈ ਰਿਹਾ ਹੈ। ਦੂਜੇ ਪਾਸੇ ਪਿਛਲੀਆਂ ਸਰਕਾਰਾਂ ਦੇ ਸਮੇਂ ਉਦਯੋਗ ਸਥਾਪਤ ਕਰਨ ਲਈ ਪਹਿਲਾਂ ਸਿਆਸੀ ਰਸੂਖ ਵਾਲੇ ਪਰਿਵਾਰਾਂ ਨਾਲ ਹਿੱਸਾਪੱਤੀ ਤੈਅ ਕਰਨੀ ਪੈਂਦੀ ਸੀ ਜਿਸ ਨਾਲ ਪੰਜਾਬ ਨੂੰ ਬਹੁਤ ਨੁਕਸਾਨ ਸਹਿਣਾ ਪਿਆ।”

ਪੰਜਾਬ ਦਾ ਮਾਹੌਲ ਖਰਾਬ ਹੋਣ ਦਾ ਰੌਲਾ ਪਾਉਣ ਵਾਲੇ ਵਿਰੋਧੀਆਂ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰਾਂ ਦੇ ਆਗੂ ਕਦੇ ਸੰਸਦ ਵਿਚ ਜਾਂ ਜਨਤਕ ਸਮਾਗਮਾਂ ਵਿਚ ਉਨ੍ਹਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾ ਰਹੇ ਹਨ ਕਿਉਂਕਿ ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਦੇ ਸੂਬੇ ਨੂੰ ਲੁੱਟਣ ਵਾਲੇ ਮਨਸੂਬਿਆਂ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰਾਂ ਨੇ ਗੈਂਗਸਟਰਵਾਦ, ਰੇਤ ਮਾਫੀਆ, ਬੱਸ ਮਾਫੀਆ ਦੀ ਪੁਸ਼ਤਪੁਨਾਹੀ ਕੀਤੀ ਅਤੇ ਅਸੀਂ ਇਸ ਮਾਫੀਏ ਦਾ ਸਫਾਇਆ ਕਰਕੇ ਇਨ੍ਹਾਂ ਰਵਾਇਤੀ ਪਾਰਟੀਆਂ ਦੇ ਬੀਜੇ ਕੰਡੇ ਚੁਗ ਰਹੇ ਹਾਂ।

ਮੁੱਖ ਮੰਤਰੀ ਨੇ ਕਿਹਾ ਕਿ ‘ਯੋਗ ਨੌਜਵਾਨਾਂ ਨੂੰ ਰੁਜ਼ਗਾਰ’ ਦੇਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਸੂਬਾ ਸਰਕਾਰ ਨੇ 9 ਮਹੀਨਿਆਂ ਵਿਚ 21404 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦੇ ਦਿੱਤੇ ਹਨ ਅਤੇ ਹੋਰ ਵੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੀ ਭਰਤੀ ਪ੍ਰਕਿਰਿਆ ਨਿਰੋਲ ਮੈਰਿਟ ਆਧਾਰ ਉਤੇ ਕੀਤੀ ਗਈ ਹੈ। ਇਕ ਹੋਰ ਖੁਸ਼ੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਨਵੇਂ ਸਾਲ ਮੌਕੇ ਮਾਸਟਰ ਕਾਡਰ ਦੇ 3000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾ ਰਹੇ ਹਨ ਜਿਸ ਨਾਲ ਸਾਡੀ ਸਕੂਲ ਸਿੱਖਿਆ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਹੋਇਆ ਹੈ ਕਿ ਪੁਲੀਸ ਵਿਭਾਗ ਵਿਚ ਹਰੇਕ ਸਾਲ 1800 ਕਾਂਸਟੇਬਲ ਅਤੇ 300 ਸਬ ਇੰਸਪੈਕਟਰ ਭਰਤੀ ਕਰਨ ਦਾ ਇਤਿਹਾਸਕ ਫੈਸਲਾ ਲਿਆ ਗਿਆ ਅਤੇ ਪ੍ਰੀਖਿਆਵਾਂ ਦੀਆਂ ਤਰੀਕਾਂ ਵੀ ਤੈਅ ਕਰ ਦਿੱਤੀਆਂ ਗਈਆਂ ਹਨ ਜਿਸ ਨਾਲ ਹੁਣ ਨੌਜਵਾਨਾਂ ਨੂੰ ਤਿਆਰੀ ਕਰਨ ਦਾ ਸਮਾਂ ਮਿਲੇਗਾ।

ਸਿੱਖਿਆ ਨੂੰ ਤਰਜੀਹੀ ਖੇਤਰ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਸੂਬੇ ਵਿਚ ਭਲਕੇ 24 ਦਸੰਬਰ ਨੂੰ ਸਰਕਾਰੀ ਸਕੂਲਾਂ ਵਿਚ ਅਧਿਆਪਕ-ਮਾਪੇ ਮਿਲਣੀ ਕਰਵਾਈ ਜਾ ਰਹੀ ਹੈ ਜਿਸ ਨਾਲ ਮਾਪਿਆਂ ਨੂੰ ਅਧਿਆਪਕਾਂ ਪਾਸੋਂ ਆਪਣੇ ਬੱਚੇ ਦੀ ਸ਼ਖਸੀਅਤ ਬਾਰੇ ਵਿਸਥਾਰ ਵਿਚ ਜਾਣਨ ਦਾ ਮੌਕਾ ਮਿਲੇਗਾ। ਮੁੱਖ ਮੰਤਰੀ ਨੇ ਸਮੂਹ ਮਾਪਿਆਂ ਨੂੰ ਇਸ ਮਿਲਣੀ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸਥਾਪਤ ਕੀਤੇ ਜਾ ਰਹੇ ‘ਸਕੂਲ ਆਫ਼ ਐਮੀਨੈਂਸ’ ਨਾਲ ਨੌਵੀਂ ਤੇ ਦਸਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਮਨਪਸੰਦ ਕਿੱਤੇ ਚੁਣਨ ਲਈ ਤਿਆਰੀ ਕਰਵਾਈ ਜਾਵੇਗੀ।

ਸੂਬੇ ਵਿਚ ਸਥਾਪਤ ਕੀਤੇ 100 ਆਮ ਆਦਮੀ ਕਲੀਨਿਕਾਂ ਰਾਹੀਂ ਆਮ ਲੋਕਾਂ ਨੂੰ ਮਿਲ ਰਹੇ ਮੁਫ਼ਤ ਇਲਾਜ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 26 ਜਨਵਰੀ, 2023 ਤੱਕ ਇਨ੍ਹਾਂ ਕਲੀਨਿਕਾਂ ਦੀ ਗਿਣਤੀ 350 ਕੀਤੀ ਜਾ ਰਹੀ ਹੈ ਅਤੇ 31 ਮਾਰਚ, 2023 ਤੱਕ 750 ਆਮ ਆਦਮੀ ਕਲੀਨਿਕ ਸਥਾਪਤ ਹੋ ਜਾਣਗੇ ਜਿਸ ਨਾਲ ਪੰਜਾਬ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮੁਫ਼ਤ ਤੇ ਬਿਹਤਰ ਇਲਾਜ ਹਾਸਲ ਹੋਵੇਗਾ।

ਮਾਰਕਫੈੱਡ ਅਤੇ ਵੇਰਕਾ ਨੂੰ ਸੂਬੇ ਦੀ ਸਹਿਕਾਰਤਾ ਦਾ ਧੁਰਾ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਵਾਲੇ ਮੁਲਕਾਂ ਵਿਚ ਇਨ੍ਹਾਂ ਅਦਾਰਿਆਂ ਦਾ ਕਾਰੋਬਾਰ ਵਧਾਉਣ ਦੀ ਯੋਜਨਾ ਬਣਾ ਰਹੀ ਹੈ ਕਿਉਂਕਿ ਪਰਵਾਸੀ ਪੰਜਾਬੀ ਆਪਣੇ ਸੂਬੇ ਵਿਚ ਬਣੇ ਉਤਪਾਦ ਨੂੰ ਬਹੁਤ ਪਸੰਦ ਕਰਦੇ ਹਨ।

Leave a Reply