ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਵਿੱਚ ਹਰ ਸਾਲ ਸ਼ਹੀਦੀ ਹਫ਼ਤੇ ਦੌਰਾਨ ਸਿੱਖ ਧਰਮ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਉਨ੍ਹਾਂ ਦੀ ਮਾਤਾ, ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ ਮੰਗ ਕੀਤੀ।
ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਇੱਕ ਮੰਗ ਪੱਤਰ ਸੌਂਪਿਆ। ਆਪਣੇ ਪੱਤਰ ਵਿੱਚ ਚੱਢਾ ਨੇ ਲਿਖਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਸਾਰ ਦੇ ਇਤਿਹਾਸ ਵਿੱਚ ਸਭ ਤੋਂ ਦਰਦਨਾਕ ਅਤੇ ਦਿਲ ਪਸੀਜ ਦੇਣ ਵਾਲੀ ਘਟਨਾ ਹੈ।
ਇੱਕ ਪਾਸੇ ਇਹ ਘਟਨਾ ਜ਼ੁਲਮ ਦੀ ਘਿਣਾਉਣੀ ਤਸਵੀਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਜੁਝਾਰੂਪਣ, ਬਹਾਦਰੀ ਅਤੇ ਸਿੱਖੀ ਸਿਦਕ ਦੀ ਭਾਵਨਾ ਨੂੰ ਉਜਾਗਰ ਕਰਦੀ ਹੈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਚਮਕੌਰ ਦੀ ਜੰਗ ਵਿੱਚ ਸ਼ਹੀਦ ਹੋਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਨੂੰ ਹਕੂਮਤ ਨੇ ਨੀਂਹਾਂ ਵਿੱਚ ਚਿਣ ਕੇ ਸ਼ਹੀਦ ਕਰ ਦਿੱਤਾ।
ਮੈਥਿਲੀ ਸ਼ਰਨ ਗੁਪਤ ਨੇ ਇਸ ਮਹਾਨ ਸ਼ਹਾਦਤ ਬਾਰੇ ਲਿਖਿਆ ਹੈ… ਜਿਸ ਕੁਲ ਜਾਤੀ ਦੇਸ਼ ਕੇ ਬੱਚੇ ਦੇ ਸਕਤੇ ਹੈਂ ਜੋ ਬਲਿਦਾਨ…
ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ
ਸਾਹਿਬਜ਼ਾਦਿਆਂ ਨੇ ਕੁਰਬਾਨੀਆਂ ਦੇ ਕੇ ਸਿੱਖ ਕੌਮ ਅਤੇ ਦੇਸ਼ ਦਾ ਨਾਮ ਉੱਚਾ ਕੀਤਾ। ਸਾਹਿਬਜ਼ਾਦਿਆਂ ‘ਤੇ ਤਰ੍ਹਾਂ-ਤਰ੍ਹਾਂ ਦੇ ਜ਼ੁਲਮ ਕੀਤੇ ਗਏ ਅਤੇ ਉਨ੍ਹਾਂ ਨੂੰ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ ਗਿਆ।
ਰਾਘਵ ਚੱਢਾ ਨੇ ਰਾਜ ਸਭਾ ਚੇਅਰਮੈਨ ਤੋਂ ਮੰਗ ਕੀਤੀ ਕਿ ਦੇਸ਼ ਦੇ ਸਾਰੇ ਸਕੂਲ ਸਿੱਖਿਆ ਬੋਰਡ ਬੱਚਿਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਚਾਰ ਸਾਹਿਬਜ਼ਾਦਿਆਂ ਵੱਲੋਂ ਦੇਸ਼ ਅਤੇ ਧਰਮ ਦੇ ਹਿੱਤ ‘ਚ ਦਿੱਤੀ ਸ਼ਹਾਦਤ ਬਾਰੇ ਪੜ੍ਹਾਉਣ। ਇਸ ਨਾਲ ਬੱਚਿਆਂ ਨੂੰ ਨਾ ਸਿਰਫ ਗੁਰੂ ਸਾਹਿਬ ਜੀ ਦੀ ਬਹਾਦਰੀ ਦੀ ਗਾਥਾ ਦਾ ਪਤਾ ਲੱਗੇਗਾ, ਸਗੋਂ ਉਹਨਾਂ ਵਿਚ ਦੇਸ਼ ਭਗਤੀ ਦੀ ਭਾਵਨਾ ਵੀ ਪੈਦਾ ਹੋਵੇਗੀ।