ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਗਣਤੰਤਰ ਦਿਵਸ ਦੀ ਪਰੇਡ ਲਈ ਪੰਜਾਬ ਦੀ ਝਾਕੀ ਨੂੰ ਰੱਦ ਕਰਨ ‘ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਅਤੇ ਇਸ ਨੂੰ ਸਰਕਾਰ ਦੁਆਰਾ ਇੱਕ ਬਹੁਤ ਹੀ ਮੰਦਭਾਗਾ ਅਤੇ ਨਾਜਾਇਜ਼ ਕਦਮ ਕਰਾਰ ਦਿੱਤਾ।
ਬੁੱਧਵਾਰ ਨੂੰ ਪਾਰਟੀ ਮੁੱਖ ਦਫਤਰ ਤੋਂ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਪ ਪਾਰਟੀ ਅਤੇ ਪੰਜਾਬ ਸਰਕਾਰ ਗਣਤੰਤਰ ਦਿਵਸ ਪਰੇਡ ‘ਚੋਂ ਪੰਜਾਬ ਦੇ ਸੱਭਿਆਚਾਰ ਅਤੇ ਆਜ਼ਾਦੀ ਦੀ ਲੜਾਈ ਵਿੱਚ ਪੰਜਾਬੀਆਂ ਦੇ ਯੋਗਦਾਨ ਨੂੰ ਦਰਸਾਉਂਦੀ ਝਾਕੀ ਨੂੰ ਬਾਹਰ ਕਰਨ ਦੇ ਕਦਮ ਦੀ ਸਖ਼ਤ ਨਿਖੇਧੀ ਕਰਦੀ ਹੈ।
ਕੰਗ ਨੇ ਕਿਹਾ, “ਪੰਜਾਬੀਆਂ ਨੇ ਦੇਸ਼ ਦੀਆਂ ਸਰਹੱਦਾਂ ਅਤੇ ਅਜ਼ਾਦੀ ਦੀ ਰਾਖੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ ਪਰ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਯੋਗਦਾਨ ਨੂੰ ਜਾਣਬੁੱਝ ਕੇ ਨਜ਼ਰਅੰਦਾਜ਼ ਕੀਤਾ ਹੈ। ਭਾਜਪਾ ਘਟੀਆ ਰਾਜਨੀਤੀ ਕਰ ਰਹੀ ਹੈ ਅਤੇ ਅਸੀਂ ਇਸ ਦੀ ਸਖ਼ਤ ਨਿੰਦਾ ਕਰਦੇ ਹਾਂ।”
ਉਨ੍ਹਾਂ ਕਿਹਾ ਕਿ ਪੰਜਾਬ ਦੀ ਝਾਕੀ ਨੂੰ ਰੱਦ ਕਰਕੇ ਭਾਜਪਾ ਨੇ ਇੱਕ ਵਾਰ ਫਿਰ ਆਪਣੇ ਪੰਜਾਬ ਵਿਰੋਧੀ ਰਵੱਈਏ ਦਾ ਪ੍ਰਦਰਸ਼ਨ ਕੀਤਾ ਹੈ। ਕੇਂਦਰ ਸਰਕਾਰ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੇ ਵਿਰੁੱਧ ਕੰਮ ਕੀਤਾ ਹੈ। ਕੰਗ ਨੇ ਕਿਹਾ ਕਿ ਪੰਜਾਬ ਦੇ ਲੋਕ ਜਲਦੀ ਹੀ ਭਾਜਪਾ ਨੂੰ ਸਬਕ ਸਿਖਾਉਣਗੇ।