Skip to main content

ਚੰਡੀਗੜ੍ਹ: ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਨਿਰਦੇਸ਼ ਦਿੱਤੇ ਹਨ ਕਿ ਬੇਮੌਸਮੀ ਮੀਂਹ ਕਾਰਣ ਸੂਬੇ ਵਿਚ ਫਸਲਾਂ ਦੇ ਖਰਾਬੇ ਦੀ ਰਿਪੋਰਟ ਜਲਦ ਤੋਂ ਜਲਦ ਬਿਨਾਂ ਪੱਖਪਾਤ ਅਤੇ ਸਿਫਾਰਸ਼ ਰਹਿਤ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਵਿਸਾਖੀ ਦੇ ਨੇੜੇ ਕਿਸਾਨਾਂ ਨੂੰ ਮੁਆਵਜ਼ਾਂ ਵੰਡਣਾ ਸ਼ੁਰੂ ਕਰ ਦਿੱਤਾ ਜਾਵੇਗਾ। ਮਾਲ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਜਿੰਪਾ ਨੂੰ ਦੱਸਿਆ ਗਿਆ ਕਿ ਖਰਾਬੇ ਦੀਆਂ ਰਿਪੋਰਟਾਂ ਭੇਜਣ ਬਾਬਤ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

ਪੰਜਾਬ ਸਿਵਲ ਸਕੱਤਰੇਤ ਵਿਖੇ ਮਾਲ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀ ਕਾਰਜਸ਼ੈਲੀ ਨੂੰ ਹੋਰ ਪਾਰਦਰਸ਼ੀ ਕਰਨ ਅਤੇ ਸੁਧਾਰ ਲਿਆਉਣ ਲਈ ਸਖਤ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਖੱਜਲ ਖੁਆਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕਿਸੇ ਵੀ ਰਿਸ਼ਵਤਖੋਰ ਅਧਿਕਾਰੀ/ਕਰਮਚਾਰੀ ਖਿਲਾਫ ਸਖਤ ਐਕਸ਼ਨ ਲਿਆ ਜਾਵੇ।

ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਤਰਜ਼ ‘ਤੇ ਮਾਲ ਵਿਭਾਗ ਵਿਚ ਵੀ ਜਨਤਾ ਦਰਬਾਰ ਲਗਾਇਆ ਜਾਵੇਗਾ ਜਿਸ ਵਿਚ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੂੰ ਜਾਣ ਬੁੱਝ ਕੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣ ਕੇ ਅਜਿਹੇ ਅਫਸਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਜਿਹੜੇ ਆਮ ਲੋਕਾਂ ਦੇ ਕੰਮ ਲਟਕਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀ ਕਾਰਜਗੁਜ਼ਾਰੀ ਨੂੰ ਹੋਰ ਸੁਚਾਰੂ ਕਰਨ ਲਈ ਭਰਤੀ ਕੀਤੇ ਨਵੇਂ ਪਟਵਾਰੀ ਜਲਦ ਹੀ ਵਿਭਾਗ ਵਿਚ ਆ ਜਾਣਗੇ।

ਇਸ ਮੌਕੇ ਉੱਚ ਅਧਿਕਾਰੀਆਂ ਵੱਲੋਂ ਮਾਲ ਮੰਤਰੀ ਨੂੰ ਇਕ ਪੇਸ਼ਕਾਰੀ ਰਾਹੀਂ ਵਿਭਾਗ ਵਿਚ ਚੱਲ ਰਹੇ ਕੰਮਾਂ ਅਤੇ ਹੋਰ ਪ੍ਰਾਪਤੀਆਂ ਬਾਰੇ ਦੱਸਿਆ ਗਿਆ। ਜਿੰਪਾ ਨੇ ਮਾਲ ਵਿਭਾਗ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਰਿਕਾਰਡ ਰੂਮ ਅੱਪਗ੍ਰੇਡ ਕਰਨ ਦੇ ਨਿਰਦੇਸ਼ ਦਿੱਤੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਤੋਂ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਸਾਫ ਨਿਰਦੇਸ਼ ਹਨ ਕਿ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦਿੱਤਾ ਜਾਵੇ ਅਤੇ ਕਿਸੇ ਨੂੰ ਵੀ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ/ਕਰਮਚਾਰੀ ਲੋਕ ਸੇਵਾ ਨੂੰ ਪਹਿਲ ਦੇਵੇ।

ਜਿੰਪਾ ਨੇ ਇਸ ਮੌਕੇ ਖਾਸ ਤੌਰ ‘ਤੇ ਆਦਮਪੁਰ ਸ਼ਹਿਰ ਦੇ ਫਲਾਈਓਵਰ ਦਾ ਮਸਲਾ ਜਲਦ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਅਧਿਕਾਰੀਆਂ ਤੋਂ ਜ਼ਮੀਨ ਐਕੁਆਇਰ ਕਰਨ ਸਬੰਧੀ ਨੀਤੀ ਬਾਰੇ ਜਾਣਕਾਰੀ ਲਈ ਅਤੇ ਇਸ ਸਬੰਧੀ ਖਾਸ ਨਿਰਦੇਸ਼ ਵੀ ਜਾਰੀ ਕੀਤੇ।

Leave a Reply