ਜਲੰਧਰ: ਲੋਕ ਸਭਾ ਹਲਕਾ 04-ਜਲੰਧਰ (ਅ.ਜ.) ਦੀ 10 ਮਈ ਨੂੰ ਹੋਣ ਜਾ ਰਹੀ ਜਿਮਨੀ ਚੋਣ ਲਈ ਅੱਜ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਚਾਰ ਉਮੀਦਵਾਰਾਂ ਨੇ ਆਪਣੇ ਪਰਚੇ ਭਰੇ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਵਲੋਂ ਕਰਮਜੀਤ ਕੌਰ ਨੇ ਨਾਮਜ਼ਦਗੀਆਂ ਦੇ ਦੋ ਸੈਟ, ਪੀਪਲਜ਼ ਪਾਰਟੀ ਆਫ਼ ਇੰਡੀਆ (ਡੈਮੋਕ੍ਰੇਟਿਕ) ਵਲੋਂ ਮਨਿੰਦਰ ਸਿੰਘ ਅਤੇ ਰਚਨਾ ਦੇਵੀ ਨੇ ਆਪਣੀਆਂ ਨਾਮਜ਼ਦਗੀਆਂ ਦਾਖਿਲ ਕੀਤੀਆਂ। ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਦਾਖਲ ਕਰਨ ਵਾਲਿਆਂ ਸਬੰਧੀ ਵਧੇਰੇ ਜਾਣਕਾਰੀ ਲਈ ਭਾਰਤ ਚੋਣ ਕਮਿਸ਼ਨ ਦੀ ‘Know your 3andidate’ ਐਪ ਡਾਊਨਲੋਡ ਕੀਤੀ ਜਾ ਸਕਦੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 14 ਅਪ੍ਰੈਲ ਨੂੰ ਅੰਬੇਡਕਰ ਜੈਯੰਤੀ ਅਤੇ 16 ਅਪ੍ਰੈਲ ਨੂੰ ਐਤਵਾਰ ਹੋਣ ਕਰਕੇ ਇਨ੍ਹਾਂ ਦਿਨਾਂ ਦੌਰਾਨ ਨਾਮਜ਼ਦਗੀਆਂ ਨਹੀਂ ਲਈਆਂ ਜਾਣਗੀਆਂ ਜਦਕਿ 15 ਅਪ੍ਰੈਲ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਪ੍ਰਾਪਤ ਕੀਤੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ 20 ਅਪ੍ਰੈਲ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ ਅਤੇ 21 ਅਪ੍ਰੈਲ ਨੂੰ ਸਵੇਰੇ 11 ਵਜੇ ਡਿਪਟੀ ਕਮਿਸ਼ਨਰ ਕੋਰਟ ਰੂਮ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ। ਉਨ੍ਹਾਂ ਦੱਸਿਆ ਕਿ 24 ਅਪ੍ਰੈਲ ਨੂੰ ਬਾਅਦ ਦੁਪਹਿਰ 3 ਵਜੇ ਤੋਂ ਪਹਿਲਾਂ ਉਮੀਦਵਾਰ ਨਾਮਜ਼ਦਗੀਆਂ ਵਾਪਿਸ ਲੈ ਸਕਣਗੇ। ਜਿਮਨੀ ਚੋਣ ਲਈ ਵੋਟਾਂ 10 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਗਿਣਤੀ 13 ਮਈ ਨੂੰ ਹੋਵੇਗੀ।