Skip to main content

ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਦੋ ਸਹਾਇਕ ਸਬ ਇੰਸਪੈਕਟਰਾਂ (ਏ.ਐਸ.ਆਈ.) ਬਲਜਿੰਦਰ ਸਿੰਘ ਮੰਡ, ਇੰਚਾਰਜ ਪੁਲਿਸ ਚੌਕੀ, ਫੇਜ਼-6, ਐਸ.ਏ.ਐਸ.ਨਗਰ ਅਤੇ ਇਸੇ ਪੁਲਿਸ ਚੌਕੀ ਵਿੱਚ ਤਾਇਨਾਤ ਉਸਦੇ ਸਾਥੀ ਏ.ਐਸ.ਆਈ. ਕੁਲਦੀਪ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਕਰਮਚਾਰੀਆਂ ਨੂੰ ਰਵਿੰਦਰ ਕੁਮਾਰ ਵਾਸੀ ਮੁੰਡੀਆਂ ਕਲਾਂ, ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਦੇ ਪਾਰਸ ਨਾਮ ਦੇ ਦੋਸਤ ਨੂੰ ਉਕਤ ਥਾਣਾ ਇੰਚਾਰਜ ਨੇ ਸ਼ਰਾਬ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ ਅਤੇ ਦੋਵੇਂ ਪੁਲਿਸ ਮੁਲਾਜ਼ਮ ਅਦਾਲਤ ਤੋਂ ਪਾਰਸ, ਜਿਸ ਦਾ ਆਉਣ ਵਾਲੇ ਦਿਨਾਂ ਵਿੱਚ ਵਿਆਹ ਹੋਣਾ ਤੈਅ ਸੀ, ਦੀ ਜ਼ਮਾਨਤ ਕਰਾਉਣ ਵਿੱਚ ਮੱਦਦ ਕਰਨ ਬਦਲੇ ਪਹਿਲਾਂ ਹੀ ਵੱਖ-ਵੱਖ ਤਰੀਕਾਂ ‘ਤੇ 45,000 ਰੁਪਏ ਲੈ ਚੁੱਕੇ ਹਨ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਹੁਣ ਇਸੇ ਸ਼ਰਾਬ ਦੇ ਮਾਮਲੇ ਵਿੱਚ ਪਾਰਸ ਦੇ ਨਾਲ ਉਸਦੇ ਇੱਕ ਹੋਰ ਦੋਸਤ ਹਰਮੀਤ ਸਿੰਘ ਨੂੰ ਬਤੌਰ ਸਹਿ-ਦੋਸ਼ੀ ਸ਼ਾਮਲ ਨਾ ਕਰਨ ਬਦਲੇ 50,000 ਰੁਪਏ ਹੋਰ ਮੰਗ ਰਹੇ ਹਨ।

ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ਾਂ ਦੀ ਮੁੱਢਲੀ ਜਾਂਚ ਤੋਂ ਬਾਅਦ ਉਡਣ ਦਸਤਾ-1, ਪੰਜਾਬ, ਐਸ.ਏ.ਐਸ. ਨਗਰ ਦੀ ਟੀਮ ਨੇ ਜਾਲ ਵਿਛਾਇਆ ਅਤੇ ਪੁਲਿਸ ਚੌਕੀ ਇੰਚਾਰਜ ਬਲਜਿੰਦਰ ਸਿੰਘ ਮੰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 25,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।

ਇਸ ਦੇ ਨਾਲ ਇਸ ਕੇਸ ਦੇ ਤਫਤੀਸ਼ੀ ਅਫਸਰ ਅਤੇ ਬਲਜਿੰਦਰ ਸਿੰਘ ਮੰਡ ਦੇ ਸਾਥੀ ਕਰਮਚਾਰੀ ਏ.ਐਸ.ਆਈ ਕੁਲਦੀਪ ਸਿੰਘ ਨੂੰ ਵੀ ਵਿਜੀਲੈਂਸ ਦੀ ਟੀਮ ਨੇ ਗ੍ਰਿਫ਼ਤਾਰ ਕਰ ਲਿਆ। ਜ਼ਿਕਰਯੋਗ ਹੈ ਕਿ ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤਾ -1, ਐਸ.ਏ.ਐਸ. ਨਗਰ ਵਿਖੇ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply