ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਹਿਸੀਲ ਪੱਧਰ ‘ਤੇ ਵਿਆਪਕ ਸੁਧਾਰ ਲਿਆਉਣ ਦਾ ਐਲਾਨ ਕੀਤਾ ਤਾਂ ਜੋ ਲੋਕ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਬਿਨਾਂ ਕਿਸੇ ਦਿੱਕਤ ਦੇ ਨਿਰਵਿਘਨ ਅਤੇ ਮੁਸ਼ਕਲ ਰਹਿਤ ਢੰਗ ਨਾਲ ਕਰਵਾ ਸਕਣ।
ਮੁੱਖ ਮੰਤਰੀ ਨੇ ਪੰਜਾਬ ਲੈਂਡ ਰਿਕਾਰਡ ਸੋਸਾਇਟੀ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲੋਕਾਂ ਦੀ ਸਹੂਲਤ ਲਈ ਇਨ੍ਹਾਂ ਸੁਧਾਰਾਂ ਨੂੰ ਲਾਗੂ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜ਼ਮੀਨ ਨਾਲ ਸਬੰਧਤ ਸਾਰੇ ਰਿਕਾਰਡ ਨੂੰ ਆਨਲਾਈਨ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ ਅਤੇ ਉਹ ਇੱਕ ਕਲਿੱਕ ‘ਤੇ ਜ਼ਮੀਨੀ ਰਿਕਾਰਡ ਬਾਰੇ ਸਾਰੀ ਜਾਣਕਾਰੀ ਹਾਸਲ ਕਰ ਸਕਣ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਜ਼ਮੀਨੀ ਰਿਕਾਰਡ ਸਰਲ ਪੰਜਾਬੀ ਭਾਸ਼ਾ ਵਿੱਚ ਉਪਲਬਧ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਸ ਨੂੰ ਪੜ੍ਹਨ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਆਖਿਆ ਕਿ ਸੂਬੇ ਦੇ ਹਰ ਤਰ੍ਹਾਂ ਦੇ ਰਿਕਾਰਡ ਨੂੰ ਪੂਰੀ ਤਰ੍ਹਾਂ ਡਿਜੀਟਾਈਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਦੇ ਨਾਲ-ਨਾਲ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ ‘ਤੇ ਰਿਕਾਰਡ ਰੂਮਾਂ ਦੀ ਢੁੱਕਵੇਂ ਤਰੀਕੇ ਨਾਲ ਸਾਂਭ-ਸੰਭਾਲ ਕੀਤੀ ਜਾਵੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਰਜਿਸਟ੍ਰੇਸ਼ਨ ਸਬੰਧੀ ਅਤੇ ਦਫ਼ਤਰੀ ਕੰਮਕਾਜ ਨੂੰ ਆਨਲਾਈਨ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਸੂਬੇ ਵਿੱਚ ਮਾਲ ਵਿਭਾਗ ਦੇ ਕੰਪਿਊਟਰੀਕਰਨ ਪ੍ਰਾਜੈਕਟਾਂ ਦਾ ਵੀ ਜਾਇਜ਼ਾ ਲਿਆ ਅਤੇ ਇਨ੍ਹਾਂ ਨੂੰ ਜਲਦੀ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ, ਤਹਿਸੀਲ ਕੰਪਲੈਕਸਾਂ, ਸਬ ਤਹਿਸੀਲ ਕੰਪਲੈਕਸਾਂ ਦੀ ਉਸਾਰੀ ਅਤੇ ਕਾਇਆ-ਕਲਪ ਲਈ ਸਿਵਲ ਕਾਰਜਾਂ ਅਤੇ ਫਰਨੀਚਰ ਦੇ ਕੰਮ ਅਤੇ ਸਬ ਰਜਿਸਟਰਾਰ ਦਫ਼ਤਰਾਂ, ਪਟਵਾਰ ਵਰਕ ਸਟੇਸ਼ਨਾਂ ਅਤੇ ਫਰਦ ਕੇਂਦਰਾਂ ਦੇ ਆਧੁਨਿਕੀਕਰਨ ਦੇ ਕੰਮ ਨੂੰ ਵੀ ਸਮਾਂਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਵਿਭਾਗ ਨਾਲ ਸਬੰਧਤ ਨਾਗਰਿਕ ਸੇਵਾਵਾਂ ਲਈ ਫਰਦ ਕੇਂਦਰਾਂ ਦੇ ਸੰਚਾਲਨ ਅਤੇ ਰੱਖ-ਰਖਾਅ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।